ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਫਗਵਾੜਾ ਵਿੱਚ ‘ਮਾਨ ਦੇ ਮੁਨਾਫੇ’ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ
ਫਗਵਾੜਾ, 23 ਸਤੰਬਰ: ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿੱਚ ‘ਮਾਨ ਦੇ ਮੁਨਾਫੇ’ ਦੇ ਬੈਨਰ ਹੇਠ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਾਰਡਾਂ ਵਿੱਚ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣੇ।
ਲੋਕਾਂ ਨਾਲ ਗੱਲਬਾਤ ਦੌਰਾਨ ਡਾ. ਚੱਬੇਵਾਲ ਨੇ ਸਾਲ 2022 ਤੋਂ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਸ਼ੁਰੂ ਕੀਤੀਆਂ ਲੋਕ ਭਲਾਈ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸਿਹਤ, ਸਿੱਖਿਆ, ਸੜਕਾਂ, ਸਮਾਜਿਕ ਸੁਰੱਖਿਆ, ਖੇਡਾਂ, ਪੇਂਡੂ ਬੁਨਿਆਦੀ ਢਾਂਚੇ, ਖੇਤੀਬਾੜੀ, ਸਿੰਚਾਈ ਅਤੇ ਰੋਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਰਕਾਰ ਆਪਣਾ ਸਾਢੇ ਚਾਰ ਸਾਲ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਲੈ ਕੇ ਜਾ ਰਹੀ ਹੈ। ਸਰਕਾਰ ਦੇ ਕੰਮਾਂ ਤੋਂ ਮਿਲ ਰਹੇ ਵਿੱਤੀ ਲਾਭਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਪਹਿਲਕਦਮੀਆਂ ਰਾਹੀਂ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦੇ ਲਾਭ ਮਿਲ ਰਹੇ ਹਨ।
ਘਰੇਲੂ ਬਿਜਲੀ ਖਪਤਕਾਰਾਂ ਨੂੰ ਦਿੱਤੀ ਜਾ ਰਹੀ ਰਾਹਤ ਦਾ ਜ਼ਿਕਰ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਤਹਿਤ 90 ਫੀਸਦੀ ਤੋਂ ਵੱਧ ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਔਰਤਾਂ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਯੋਗ ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਯੋਗ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
ਡਾ. ਚੱਬੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ 1,090 ਤੋਂ ਵੱਧ ਆਮ ਆਦਮੀ ਕਲੀਨਿਕਾਂ ਰਾਹੀਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਡੇ ਪੱਧਰ ’ਤੇ ਵਿਸਥਾਰ ਕੀਤਾ ਗਿਆ ਹੈ ਅਤੇ ਸਰਕਾਰੀ ਹਸਪਤਾਲਾਂ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤਹਿਤ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਹੋਰ ਸੁਖਾਲੀ ਹੋਈ ਹੈ। ਸਿੱਖਿਆ ਖੇਤਰ ਵਿੱਚ ਉਨ੍ਹਾਂ ਸਕੂਲ ਆਫ਼ ਐਮੀਨੈਂਸ ਸਥਾਪਿਤ ਕਰਨ ਦੀ ਪਹਿਲਕਦਮੀ ਦਾ ਜ਼ਿਕਰ ਕੀਤਾ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਬਿਹਤਰ ਸਿੱਖਣ ਦੇ ਮੌਕੇ ਪ੍ਰਦਾਨ ਕਰਨਾ ਹੈ।
ਖੇਡਾਂ ਦੇ ਬੁਨਿਆਦੀ ਢਾਂਚੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਤੇ ਉਸਾਰੂ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਭਰ ਵਿੱਚ 3,100 ਖੇਡ ਮੈਦਾਨਾਂ ਸਮੇਤ ਹਜ਼ਾਰਾਂ ਨਵੀਆਂ ਖੇਡ ਸਹੂਲਤਾਂ ਵਿਕਸਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਵੀ ਕੀਤੀ ਗਈ ਹੈ, ਜਿਸ ਰਾਹੀਂ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਵੱਡਾ ਮੰਚ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਮਜ਼ਬੂਤ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਉਨ੍ਹਾਂ ‘ਰੰਗਲਾ ਪੰਜਾਬ’ ਅਤੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸਮੇਤ ਹੋਰ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤਹਿਤ 62,361 ਮਾਮਲਿਆਂ ਵਿੱਚ 79,111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੈਂਗਸਟਰਾਂ ਵਿਰੁੱਧ ਵੀ ਕਾਰਵਾਈ ਤੇਜ਼ ਕੀਤੀ ਗਈ ਹੈ। ਉਨ੍ਹਾਂ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ, ਸਿੰਚਾਈ ਸਹੂਲਤਾਂ ਦੇ ਵਿਸਥਾਰ ਅਤੇ ਨਹਿਰੀ ਪਾਣੀ ਨੂੰ ਟੇਲ-ਐਂਡ ਖੇਤਰਾਂ ਤੱਕ ਢੁੱਕਵੇਂ ਢੰਗ ਨਾਲ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ।
ਕਿਸਾਨਾਂ ਬਾਰੇ ਗੱਲ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸਿੰਚਾਈ ਸਹੂਲਤਾਂ ਵਿੱਚ ਸੁਧਾਰ ਕਰਨ ਅਤੇ ਫ਼ਸਲਾਂ ਦੀ ਖਰੀਦ ਤੋਂ ਬਾਅਦ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸਾਲ 2022 ਤੋਂ ਹੁਣ ਤੱਕ 70,000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਵੀ ਲਾਗੂ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਉਦੇਸ਼ ਸਿਰਫ਼ ਲੋਕਾਂ ਨੂੰ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਤੌਰ ’ਤੇ ਸੁਣਨਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਜਨ ਸੰਪਰਕ ਮੁਹਿੰਮ ਫਗਵਾੜਾ ਭਰ ਵਿੱਚ ਜਾਰੀ ਰਹੇਗੀ, ਤਾਂ ਜੋ ਹਰ ਘਰ ਤੱਕ ਪਹੁੰਚ ਕੀਤੀ ਜਾ ਸਕੇ।


