ਸੁਲਤਾਨਪੁਰ ਲੋਧੀ ਨੂੰ ‘ਜ਼ੀਰੋ ਬਰਨਿੰਗ’ ਮਾਡਲ ਬਣਾਉਣ ਲਈ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਚੁੱਕਿਆ ਬੀੜਾ

0
WhatsApp Image 2026-09-24 at 1.27.35 PM

ਨੰਬਰਦਾਰਾਂ, ਚੌਕੀਦਾਰਾਂ ਅਤੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਵਿੱਚ ਪਰਾਲੀ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਅਤੇ ਸਰਕਾਰੀ ਸਬਸਿਡੀਆਂ ਦਾ ਲਾਭ ਲੈਣ ਦੀ ਕੀਤੀ ਪੁਰਜ਼ੋਰ ਅਪੀਲ



ਸੁਲਤਾਨਪੁਰ ਲੋਧੀ (ਕਪੂਰਥਲਾ), 24 ਸਤੰਬਰ: ਵਾਤਾਵਰਣ ਦੀ ਸੰਭਾਲ, ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਇਲਾਕੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟਰੇਟ (ਐੱਸ.ਡੀ.ਐੱਮ.) ਸੁਲਤਾਨਪੁਰ ਲੋਧੀ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.ਐੱਸ.ਪੀ., ਥਾਣਾ ਮੁਖੀ (ਐੱਸ.ਐੱਚ.ਓ.), ਤਹਿਸੀਲਦਾਰ, ਬੀ.ਡੀ.ਪੀ.ਓ. ਦੇ ਨੁਮਾਇੰਦੇ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸੁਲਤਾਨਪੁਰ ਲੋਧੀ ਹਲਕੇ ਦੇ ਸਮੂਹ ਪਿੰਡਾਂ ਦੇ ਨੰਬਰਦਾਰ ਅਤੇ ਚੌਕੀਦਾਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।

ਮੀਟਿੰਗ ਦੌਰਾਨ ਐੱਸ.ਡੀ.ਐੱਮ. ਸਾਹਿਬ ਨੇ ਨੰਬਰਦਾਰਾਂ ਅਤੇ ਚੌਕੀਦਾਰਾਂ ਨੂੰ ਪਿੰਡਾਂ ਦੀ ਮਜ਼ਬੂਤ ਨੀਂਹ ਅਤੇ ਪ੍ਰਸ਼ਾਸਨ ਦੀਆਂ ਅੱਖਾਂ-ਕੰਨ ਦੱਸਦਿਆਂ ਕਿਹਾ ਕਿ ਕਿਸੇ ਵੀ ਲੋਕ-ਭਲਾਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਉਹਨਾਂ ਦਾ ਸਹਿਯੋਗ ਸਭ ਤੋਂ ਅਹਿਮ ਹੈ। ਉਹਨਾਂ ਕਿਸਾਨ ਵੀਰਾਂ ਨੂੰ ਭਾਵੁਕ ਅਪੀਲ ਕਰਦਿਆਂ ਸਮਝਾਇਆ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਮੀਨ ਵਿੱਚ ਹੀ ਵਾਹੁਣ ਨਾਲ ਜਿੱਥੇ ਧਰਤੀ ਦੀ ਸਿਹਤ ਸੁਧਰਦੀ ਹੈ ਅਤੇ ਮਿੱਤਰ ਕੀੜਿਆਂ ਦੀ ਰਾਖੀ ਹੁੰਦੀ ਹੈ, ਉੱਥੇ ਹੀ ਸਾਡੇ ਬਜ਼ੁਰਗ ਅਤੇ ਬੱਚੇ ਸਾਹ ਤੇ ਦਮੇ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਸੁਰੱਖਿਅਤ ਰਹਿੰਦੇ ਹਨ। ਇਸ ਤੋਂ ਇਲਾਵਾ ਸੜਕਾਂ ਦੁਆਲੇ ਧੂੰਆਂ ਨਾ ਹੋਣ ਕਾਰਨ ਕੀਮਤੀ ਮਨੁੱਖੀ ਜਾਨਾਂ ਵੀ ਸੜਕ ਹਾਦਸਿਆਂ ਤੋਂ ਬਚਾਈਆਂ ਜਾ ਸਕਦੀਆਂ ਹਨ।

ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਸੁਪਰ ਸੀਡਰ, ਬੇਲਰ ਅਤੇ ਹੈਪੀ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ‘ਤੇ 50 ਤੋਂ 80 ਫ਼ੀਸਦੀ ਤੱਕ ਭਾਰੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਸਹਿਕਾਰੀ ਸਭਾਵਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪਹਿਲ ਦੇ ਆਧਾਰ ‘ਤੇ ਇਹ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਖੇਤਾਂ ਵਿੱਚ ਹੀ ਪਰਾਲੀ ਨੂੰ ਮਿਲਾਇਆ ਜਾ ਸਕੇ ਜਾਂ ਗੱਠਾਂ ਬਣਾ ਕੇ ਸੁਚੱਜਾ ਪ੍ਰਬੰਧ ਕੀਤਾ ਜਾ ਸਕੇ।

ਨੰਬਰਦਾਰਾਂ ਅਤੇ ਚੌਕੀਦਾਰਾਂ ਨੂੰ ਫੀਲਡ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਗੁਰਦੁਆਰਾ ਸਾਹਿਬਾਨ ਤੋਂ ਰੋਜ਼ਾਨਾ ਜਾਗਰੂਕਤਾ ਮੁਨਾਦੀਆਂ ਕਰਵਾਉਣ ਅਤੇ ਨੋਡਲ ਅਫ਼ਸਰਾਂ ਨਾਲ ਨਿਰੰਤਰ ਰਾਬਤਾ ਰੱਖਣ ਦੀ ਹਦਾਇਤ ਕੀਤੀ ਗਈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਦਾ ਮਕਸਦ ਕਾਰਵਾਈ ਕਰਨਾ ਨਹੀਂ ਸਗੋਂ ਕਿਸਾਨਾਂ ਨੂੰ ਹਰ ਸੰਭਵ ਸਹਿਯੋਗ ਦੇਣਾ ਹੈ, ਪਰ ਐੱਨ.ਜੀ.ਟੀ. ਨਿਯਮਾਂ ਦੀ ਪਾਲਣਾ ਅਤੇ 24 ਘੰਟੇ ਚੱਲ ਰਹੀ ਸੈਟੇਲਾਈਟ ਨਿਗਰਾਨੀ ਕਾਰਨ ਸਾਰਿਆਂ ਨੂੰ ਜਾਗਰੂਕ ਹੋ ਕੇ ਕਾਨੂੰਨੀ ਉਲੰਘਣਾ ਜਾਗਰੂਕsਣਾ ਚਾਹੀਦਾ ਹੈ। ਅੰਤ ਵਿੱਚ ਸਮੂਹ ਹਾਜ਼ਰੀਨ ਵੱਲੋਂ ਇੱਕਮੁੱਠ ਹੋ ਕੇ ਸੁਲਤਾਨਪੁਰ ਲੋਧੀ ਨੂੰ ਪੂਰੇ ਸੂਬੇ ਵਿੱਚ ‘ਜ਼ੀਰੋ ਬਰਨਿੰਗ’ ਦਾ ਮੋਹਰੀ ਮਾਡਲ ਬਣਾਉਣ ਦਾ ਦ੍ਰਿੜ ਸੰਕਲਪ ਲਿਆ ਗਿਆ।

Leave a Reply

Your email address will not be published. Required fields are marked *