ਝੋਟਾ ਕਤਲ ਕਾਂਡ: ਪੰਜਾਬ ਸਰਕਾਰ ਵੱਲੋਂ ਗੱਲਬਾਤ ਲਈ ਤਿੰਨ ਮਹਿਲਾ IAS ਅਧਿਕਾਰੀਆਂ ਦੀ ਟੀਮ ਗਠਿਤ

0
19

ਮੁੱਖ ਮੰਤਰੀ ਭਗਵੰਤ ਮਾਨ ਅਤੇ DGP ਦੇ ਅਸਤੀਫ਼ੇ ਦੀ ਮੰਗ ’ਤੇ ਅੜੀ ਐਕਸ਼ਨ ਕਮੇਟੀ, ਪੋਸਟਮਾਰਟਮ ਅਤੇ ਸਸਕਾਰ ਕਰਵਾਉਣ ਤੋਂ ਇਨਕਾਰ

ਇਨਸਾਫ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ਵਿੱਚ ‘ਆਪ’ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਸੌਂਪੇ ਜਾਣਗੇ ‘ਲਾਹਨਤ ਪੱਤਰ’

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ ਨੇ ਐਕਸ਼ਨ ਕਮੇਟੀ ਨਾਲ ਗੱਲਬਾਤ ਲਈ ਨਵੀਂ ਪਹਿਲ ਕੀਤੀ ਹੈ। ਸਰਕਾਰ ਵੱਲੋਂ ਗੱਲਬਾਤ ਕਰਨ ਲਈ ਤਿੰਨ ਮਹਿਲਾ IAS ਅਧਿਕਾਰੀਆਂ ਦੀ ਟੀਮ ਬਣਾਈ ਗਈ ਹੈ। ਇਸ ਟੀਮ ਵਿੱਚ ਫਰੀਦਕੋਟ ਰੇਂਜ ਦੀ ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ, ਆਪਣੀਤ ਰਿਆਤ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੂੰ ਸ਼ਾਮਲ ਕੀਤਾ ਗਿਆ ਹੈ। ਆਪਣੀਤ ਰਿਆਤ ਪਹਿਲਾਂ ਮਾਨਸਾ ਦੀ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

ਇਸ ਤੋਂ ਪਹਿਲਾਂ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਰਾਹੀਂ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਕਮੇਟੀ ਨੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਐਕਸ਼ਨ ਕਮੇਟੀ ਮੁੱਖ ਮੰਤਰੀ ਭਗਵੰਤ ਮਾਨ ਅਤੇ DGP ਦੇ ਅਸਤੀਫ਼ੇ ਦੀ ਮੰਗ ’ਤੇ ਅੜੀ ਹੋਈ ਹੈ। ਕਮੇਟੀ ਦਾ ਕਹਿਣਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਅਤੇ ਸਸਕਾਰ ਨਹੀਂ ਕਰਵਾਇਆ ਜਾਵੇਗਾ। ਝੋਟਾ ਦੀ ਮ੍ਰਿਤਕ ਦੇਹ ਪਿਛਲੇ ਸੱਤ ਦਿਨਾਂ ਤੋਂ ਮਾਨਸਾ ਦੇ ਹਸਪਤਾਲ ਵਿੱਚ ਰੱਖੀ ਹੋਈ ਹੈ।

ਉੱਧਰ, ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਇਨਸਾਫ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਵਿਧਾਇਕਾਂ ਨੂੰ ‘ਲਾਹਨਤ ਪੱਤਰ’ ਸੌਂਪੇ ਜਾਣਗੇ। ਕਮੇਟੀ ਅਨੁਸਾਰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣਗੇ। ਜੇਕਰ ਕੋਈ ਵਿਧਾਇਕ ਇਹ ਪੱਤਰ ਲੈਣ ਤੋਂ ਇਨਕਾਰ ਕਰਦਾ ਹੈ, ਤਾਂ ਪੱਤਰ ਉਸ ਦੇ ਘਰ ਦੇ ਬਾਹਰ ਚਿਪਕਾ ਦਿੱਤਾ ਜਾਵੇਗਾ।

Leave a Reply

Your email address will not be published. Required fields are marked *