ਪੰਜਾਬ ਸਰਕਾਰ ਦਾ 3 ਫੀਸਦੀ ਡੀਏ ਵਾਧਾ ਮੁਲਾਜ਼ਮਾਂ ਨੂੰ ਮਨਜ਼ੂਰ ਨਹੀਂ, ਮਹੀਨਾ ਭਰ ਚੱਲੇਗਾ ਰੋਸ ਪ੍ਰਦਰਸ਼ਨ
13 ਨਵੰਬਰ ਤੋਂ ਸ਼ੁਰੂ ਹੋਵੇਗਾ ਅੰਦੋਲਨ, 13 ਦਸੰਬਰ ਨੂੰ ਸ਼ੰਭੂ ਤੋਂ ਅੰਮ੍ਰਿਤਸਰ ਤੱਕ ਬਣਾਈ ਜਾਵੇਗੀ ਮਨੁੱਖੀ ਲੜੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੀਵਾਲੀ ਦੇ ਮੌਕੇ ’ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਐਲਾਨੇ 3 ਫੀਸਦੀ ਮਹਿੰਗਾਈ ਭੱਤੇ (ਡੀਏ) ਦੇ ਵਾਧੇ ਨੂੰ ਮੁਲਾਜ਼ਮ ਜਥੇਬੰਦੀਆਂ ਨੇ ਨਾਕਾਫੀ ਦੱਸਦਿਆਂ ਰੱਦ ਕਰ ਦਿੱਤਾ ਹੈ। ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਇੱਕ ਮਹੀਨੇ ਤੱਕ ਲਗਾਤਾਰ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ।
ਸਾਂਝੀ ਕੋਆਰਡੀਨੇਸ਼ਨ ਕਮੇਟੀ ਦੇ ਆਗੂ ਸੁਖਚੈਨ ਖਹਿਰਾ ਅਤੇ ਗੁਰਨਾਮ ਸਿੰਘ ਵਿਰਕ ਮੁਤਾਬਕ ਪੰਜਾਬ ਸਰਕਾਰ ਦੇ ਕਰੀਬ 4 ਲੱਖ ਮੁਲਾਜ਼ਮ ਅਤੇ 3.50 ਲੱਖ ਪੈਨਸ਼ਨਰ ਇਸ ਅੰਦੋਲਨ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਸੰਘਰਸ਼ ਦੀ ਸ਼ੁਰੂਆਤ 13 ਨਵੰਬਰ ਤੋਂ ਹੋਵੇਗੀ ਅਤੇ ਇਹ 13 ਦਸੰਬਰ ਨੂੰ ਸ਼ੰਭੂ ਤੋਂ ਅੰਮ੍ਰਿਤਸਰ ਤੱਕ ਮਨੁੱਖੀ ਲੜੀ ਬਣਾਉਣ ਨਾਲ ਸਮਾਪਤ ਕੀਤਾ ਜਾਵੇਗਾ।
ਆਗੂਆਂ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ 13 ਤੋਂ 19 ਨਵੰਬਰ ਤੱਕ ਸੰਗਰੂਰ ਵਿੱਚ ਪੱਕਾ ਧਰਨਾ ਲਗਾਇਆ ਜਾਵੇਗਾ। ਇਸ ਤੋਂ ਬਾਅਦ 1 ਤੋਂ 5 ਦਸੰਬਰ ਤੱਕ ਆਮ ਆਦਮੀ ਪਾਰਟੀ ਦੇ ਸਾਰੇ 91 ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਇਸ ਦੌਰਾਨ ਪੁਤਲੇ ਵੀ ਫੂਕੇ ਜਾਣਗੇ। 6 ਦਸੰਬਰ ਨੂੰ ਇਨ੍ਹਾਂ ਪੁਤਲਿਆਂ ਦੀ ਸੁਆਹ ਬੁੱਢੇ ਨਾਲੇ ਵਿੱਚ ਜਲ-ਪ੍ਰਵਾਹ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।
ਮੁਲਾਜ਼ਮ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਲੜਾਈ ਸਿਰਫ਼ 3 ਫੀਸਦੀ ਡੀਏ ਵਾਧੇ ਤੱਕ ਸੀਮਤ ਨਹੀਂ ਹੈ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ, ਬਕਾਇਆ 10 ਫੀਸਦੀ ਡੀਏ ਜਾਰੀ ਕਰਨਾ, ਪਿਛਲੇ ਸਮੇਂ ਦੇ ਡੀਏ ਦੇ ਬਕਾਏ ਦੀ ਅਦਾਇਗੀ, ਛੇਵੇਂ ਤਨਖਾਹ ਕਮਿਸ਼ਨ ਨਾਲ ਸਬੰਧਤ ਮਸਲੇ ਹੱਲ ਕਰਨਾ, ਪੁਰਾਣੇ ਤਨਖਾਹ ਸਕੇਲ ਬਹਾਲ ਕਰਨਾ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਵਾਪਸ ਲੈਣਾ ਸ਼ਾਮਲ ਹੈ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ 3 ਫੀਸਦੀ ਡੀਏ ਵਧਾਉਣ ਨੂੰ ਦੀਵਾਲੀ ਦਾ ਤੋਹਫ਼ਾ ਦੱਸਿਆ ਗਿਆ ਹੈ, ਪਰ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਦੇ ਮੱਦੇਨਜ਼ਰ ਉਹ ਇਸ ਨੂੰ ਕਬੂਲ ਕਰਨ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਸਲਿਆਂ ਦਾ ਹੱਲ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ।ਕਪੂਰਥਲਾ ਵਿੱਚ ਵੀ ਮੁਲਾਜ਼ਮਾਂ ਨੇ ਠੱਪ ਕੀਤਾ ਸਰਕਾਰੀ ਕੰਮਕਾਜ
ਪੰਜਾਬ ਸਰਕਾਰ ਵੱਲੋਂ ਐਲਾਨੇ 3 ਫੀਸਦੀ ਡੀਏ ਵਾਧੇ ਦੇ ਵਿਰੋਧ ਵਿੱਚ ਕਪੂਰਥਲਾ ਵਿਖੇ ਵੀ ਪੰਜਾਬ ਸਟੇਟ ਮਨਿਸਟੀਰੀਅਲ ਯੂਨੀਅਨ ਵੱਲੋਂ ਹੜਤਾਲ ਕੀਤੀ ਗਈ। ਯੂਨੀਅਨ ਦੇ ਮੈਂਬਰਾਂ ਨੇ ਕੰਮਕਾਜ ਬੰਦ ਰੱਖ ਕੇ ਸਰਕਾਰ ਦੇ ਫੈਸਲੇ ਪ੍ਰਤੀ ਆਪਣਾ ਰੋਸ ਜ਼ਾਹਰ ਕੀਤਾ। ਹੜਤਾਲ ਕਾਰਨ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਿਹਾ।
ਕਪੂਰਥਲਾ ਵਿੱਚ ਵੀ ਮੁਲਾਜ਼ਮਾਂ ਨੇ ਠੱਪ ਕੀਤਾ ਸਰਕਾਰੀ ਕੰਮਕਾਜ
ਪੰਜਾਬ ਸਰਕਾਰ ਵੱਲੋਂ ਐਲਾਨੇ 3 ਫੀਸਦੀ ਡੀਏ ਵਾਧੇ ਦੇ ਵਿਰੋਧ ਵਿੱਚ ਕਪੂਰਥਲਾ ਵਿਖੇ ਵੀ ਪੰਜਾਬ ਸਟੇਟ ਮਨਿਸਟੀਰੀਅਲ ਯੂਨੀਅਨ ਵੱਲੋਂ ਹੜਤਾਲ ਕੀਤੀ ਗਈ। ਯੂਨੀਅਨ ਦੇ ਮੈਂਬਰਾਂ ਨੇ ਕੰਮਕਾਜ ਬੰਦ ਰੱਖ ਕੇ ਸਰਕਾਰ ਦੇ ਫੈਸਲੇ ਪ੍ਰਤੀ ਆਪਣਾ ਰੋਸ ਜ਼ਾਹਰ ਕੀਤਾ। ਹੜਤਾਲ ਕਾਰਨ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਿਹਾ।
